ਸਾਹਿਬੁ ਸੰਮ੍ਹ੍ਹਾਲੇਹਾਂ
ਵਡਹੰਸੁ ਮਹਲਾ ੧ ॥
ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥
ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮ੍ਹ੍ਹਾਲੇਹਾਂ ॥
ਸਾਹਿਬੁ ਸਮ੍ਹ੍ਹਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥
ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥
ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥
ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥
ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥
ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥
ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥
ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥
ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥
ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥
ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥
ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥
ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥
ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥
ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥
ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥
ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥
ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥
ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥
ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥
ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥
ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥